ਇੰਡੋ ਸਵਿਸ ਸਕੂਲ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਜ਼ਦੂਰ ਦਿਵਸ

ਨਕੋਦਰ, ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਸਕੂਲ ਦੀ ਸਵੇਰ ਦੀ ਪ੍ਰਾਥਨਾ ਸਭਾ ਵਿੱਚ ਪ੍ਰਿੰਸੀਪਲ ਸ੍ਰੀ ਪੰਕਜ ਸ਼ਰਮਾ ਜੀ ਨੇ ਇਸ ਦਿਵਸ ਮੌਕੇ ਆਪਣੇ ਭਾਸ਼ਣ ਰਾਹੀ ਵਿਦਿਆਰਥੀਆਂ ਨੂੰ ਮਜ਼ਦੂਰ ਵਰਗ ਪ੍ਰਤੀ ਸਨਮਾਨ ਅਤੇ ਇੱਜ਼ਤ ਦੀ ਭਾਵਨਾ ਰੱਖਣ ਪ੍ਰਤੀ ਜਾਗ੍ਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਮਾਜ ਵਿੱਚ ਮਜ਼ਦੂਰ ਵਰਗ ਇੱਕ ਅਜਿਹਾ ਵਰਗ ਹੈ ,ਜੋ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲਣ ਲਈ ਗਰਮੀ ਅਤੇ ਸਰਦੀ ਦੇ ਮੌਸਮ ਦੀ ਪਰਵਾਹ ਨਾ ਕਰਦਿਆਂ ਸਖ਼ਤ ਮਿਹਨਤ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਕਿ ਮਜ਼ਦੂਰ ਦਿਵਸ ਦਾ ਮੁੱਖ ਉਦੇਸ਼ ਮਜ਼ਦੂਰ ਵਰਗ ਦੀ ਮਿਹਨਤ ਅਤੇ ਸਮਰਪਣ ਨੂੰ ਸਵੀਕਾਰ ਕਰਨਾ, ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸ਼ੋਸ਼ਣ ਤੋਂ ਬਚਾਉਣਾ ਹੈ। ਵਿਦਿਆਰਥੀਆਂ ਨੂੰ ਵੀ ਮਜ਼ਦੂਰ ਵਰਗ ਦੀ ਤਰ੍ਹਾਂ ਪੜ੍ਹਾਈ ਵਿਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਵਿਦਿਆਰਥੀ ਆਪਣੇ ਮਿੱਥੇ ਹੋਏ ਟੀਚੇ ਨੂੰ ਆਸਾਨੀ ਨਾਲ ਪ੍ਰਾਪਤ ਕਰ ਸਕਣ ਅਤੇ ਆਪਣੇ ਜੀਵਨ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਦਾ ਆਸਾਨੀ ਨਾਲ ਸਾਹਮਣਾ ਕਰ ਸਕਣ। ਇਸ ਦਿਵਸ ਮੌਕੇ ਮਜ਼ਦੂਰ ਵਰਗ ਨਾਲ ਸੰਬੰਧ ਰੱਖਣ ਵਾਲੇ ਸਕੂਲ ਦੇ ਸਭ ਕਰਮਚਾਰੀਆਂ ਨੂੰ ਉਨ੍ਹਾਂ ਦੀ ਜਿੰਦ ਜਾਨ ਲਗਾ ਕੇ ਕੀਤੀ ਜਾਣ ਵਾਲੀ ਸਖ਼ਤ ਮਿਹਨਤ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਦਿਵਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਸ੍ਰੀ ਵਿਪਨ ਸ਼ਰਮਾ ਜੀ ਨੇ ਮਜ਼ਦੂਰ ਵਰਗ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਮਜ਼ਦੂਰ ਵਰਗ ਦੀ ਸਖ਼ਤ ਮਿਹਨਤ ਹੀ ਦੇਸ਼ ਦੀ ਤਰੱਕੀ ਦਾ ਆਧਾਰ ਹੈ। ਇਸ ਮੌਕੇ ਚੇਅਰਪਰਸਨ ਮੈਡਮ ਸ੍ਰੀਮਤੀ ਜਯੋਤੀ ਸ਼ਰਮਾ ਜੀ, ਐੱਮ.ਡੀ ਸ਼ਿਵਮ ਸ਼ਰਮਾ ਜੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
