ਕਿਸਾਨਾਂ ਤੇ ਕੀਤੇ ਜਾ ਰਹੇ ਅਣਮਨੁੱਖੀ ਤਸ਼ੱਦਦ ਖਿਲਾਫ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਜਲਾਲਾਬਾਦ (ਮਨੋਜ ਕੁਮਾਰ) ਕੁੱਲ ਹਿੰਦ ਕਿਸਾਨ ਸਭਾ ਬਲਾਕ ਜਲਾਲਾਬਾਦ ਪੱਛਮੀ ਵੱਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਮਨੁੱਖੀ ਅੱਤਿਆਚਾਰ ਖਿਲਾਫ ਅੱਜ ਕਾਲਾ ਦਿਨ ਮਨਾਉਂਦਿਆਂ ਅੱਜ ਇੱਥੇ ਸਥਾਨਕ ਮੇਨ ਬੱਸ ਸਟੈਂਡ ਦੇ ਸਾਹਮਣੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ਼ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਪੁਤਲਾ ਫੂਕ ਪ੍ਰਦਰਸ਼ਨ ਦੀ ਅਗਵਾਈ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਿੰਦਰ ਢੰਡੀਆਂ, ਜ਼ਿਲ੍ਹਾ ਆਗੂ ਕਾਮਰੇਡ ਹੰਸ ਰਾਜ ਗੋਲਡਨ ਅਤੇ ਬਲਾਕ ਜਲਾਲਾਬਾਦ ਦੇ ਪ੍ਰਧਾਨ ਕਿ੍ਸ਼ਨ ਧਰਮੂ ਵਾਲਾ ਨੇ ਕੀਤੀ। ਇਸ ਪੁਤਲਾ ਫੂਕ ਪ੍ਰਦਰਸ਼ਨ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਦੇ ਸ਼ੰਬੂ ਖਨੋਰੀ ਸਮੇਤ ਵੱਖ ਵੱਖ ਬਾਰਡਰਾਂ ਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਖੱਟੜ ਸਰਕਾਰ ਵੱਲੋਂ ਕੀਤਾ ਜਾ ਰਿਹਾ ਅਣਮਨੁੱਖੀ ਤਸ਼ੱਦਦ ਅਤੇ ਕਿਸਾਨਾਂ ਤੇ ਚਲਾਈਆਂ ਜਾ ਰਹੀਆਂ ਗੋਲੀਆਂ ਕਾਰਨ ਇੱਕ ਨੌਜਵਾਨ ਕਿਸਾਨ ਦੀ ਮੌਤ ਲਈ ਕੇਂਦਰ ਅਤੇ ਹਰਿਆਣਾ ਸਰਕਾਰ ਜਿੰਮੇਵਾਰ ਹੈ ਅਤੇ ਪੰਜਾਬ ਸਰਕਾਰ ਦੀ ਕੇਂਦਰ ਅਤੇ ਹਰਿਆਣਾ ਸਰਕਾਰ ਨਾਲ ਮਿਲੀ ਭੁਗਤ ਹੈ ਕਿਉਂਕਿ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਫੋਰਸ ਵੱਲੋਂ ਪੰਜਾਬ ਦੀ ਹੱਦ ਅੰਦਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਗੋਲੀਆਂ ਚਲਾਉਣ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਮੂਕ ਦਰਸ਼ਕ ਬਣ ਕੇ ਵੇਖ ਰਿਹਾ ਹੈ। ਜਿਸ ਤੋਂ ਸਾਫ ਜਾਹਰ ਹੁੰਦਾ ਹੈ ਕਿ ਮੁੱਖ ਮੰਤਰੀ ਪੰਜਾਬ ਵੀ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜਨ ਨੂੰ ਤਿਆਰ ਨਹੀਂ ਹੈ ਕਿਸਾਨ ਆਗੂਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੇ ਕੀਤਾ ਜਾ ਰਿਹਾ ਅੱਤਿਆਚਾਰ ਤੁਰੰਤ ਬੰਦ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕੀਤੀਆਂ ਜਾਣ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ ਕਿਸਾਨ ਸੰਘਰਸ਼ ਇਸੇ ਤਰ੍ਹਾਂ ਦਿੱਲੀ ਦੇ ਬਾਰਡਰਾਂ ਅਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਜਾਰੀ ਰਹੇਗਾ। ਇਸ ਮੌਕੇ ਇਸ ਪੁਤਲਾ ਫੂਕ ਪ੍ਰਦਰਸ਼ਨ ਵਿੱਚ ਹੋਰਨਾਂ ਤੋਂ ਇਲਾਵਾ ਕਿਸਨ ਆਗੂ ਬਲਵੰਤ ਚੋਹਾਣਾ, ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਢਾਬਾਂ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂ ਵਾਲਾ, ਜ਼ਿਲ੍ਹਾ ਆਗੂ ਹਰਭਜਨ ਛੱਪੜੀ ਵਾਲਾ, ਨਰਿੰਦਰ ਢਾਬਾਂ, ਛਿੰਦਰ ਮਹਾਲਮ,ਕਰਨੈਲ ਬੱਘੇਕੇ, ਜੰਮੂ ਰਾਮ ਬੰਨ ਵਾਲਾ, ਰਮੇਸ਼ ਪੀਰ ਮੁਹੰਮਦ, ਤੇਜਾ ਸਿੰਘ ਅਮੀਰ ਖਾਸ, ਸੰਦੀਪ ਜੋਧਾ, ਗੁਰਦਿਆਲ ਸਿੰਘ ਆਦਿ ਆਗੂ ਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
