September 27, 2025
#National

ਕਿਸਾਨਾਂ ਦੇ ਸੰਘਰਸ਼ ‘ਚ ਡਟ ਕੇ ਨਾਲ ਖੜੀ ਹੈ ਆਮ ਆਦਮੀ ਪਾਰਟੀ : ਭਾਟੀਆ

ਫਗਵਾੜਾ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਸਕੱਤਰ ਅਸ਼ੋਕ ਭਾਟੀਆ ਨੇ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ’ਤੇ ਪੰਜਾਬ ਦੇ ਕਿਸਾਨਾਂ ਉੱਪਰ ਕੀਤੀ ਜਾ ਰਹੀ ਤਸ਼ੱਦਦ ਨੂੰ ਗੈਰ-ਜਮਹੂਰੀ ਕਰਾਰ ਦਿੰਦਿਆਂ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਨਿਰਦੇਸ਼ਾਂ ਤੇ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਜੋ ਵਧੀਕੀ ਕੀਤੀ ਜਾ ਰਹੀ ਹੈ, ਉਹ ਅਤਿ ਨਿੰਦਣਯੋਗ ਹੈ। ਅਸ਼ੋਕ ਭਾਟੀਆ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਕਿਸੇ ਵੀ ਨਾਗਰਿਕ ਜਾਂ ਸਮੂਹ ਨੂੰ ਸ਼ਾਂਤਮਈ ਢੰਗ ਨਾਲ ਸਰਕਾਰ ਅੱਗੇ ਆਪਣੀਆਂ ਜਾਇਜ਼ ਮੰਗਾਂ ਪੇਸ਼ ਕਰਨ ਦਾ ਅਧਿਕਾਰ ਦਿੰਦਾ ਹੈ। ਕਿਸਾਨ ਇਸ ਅਧਿਕਾਰ ਤਹਿਤ ਦਿੱਲੀ ਦੀਆਂ ਸਰਹੱਦਾਂ ’ਤੇ ਜਾ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਤਾਂ ਜੋ ਉਹ ਆਪਣੇ ਹੱਕ ਦੀ ਆਵਾਜ਼ ਮੋਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਾ ਸਕਣ। ਪਰ ਜਿਸ ਤਰ੍ਹਾਂ ਕਿਸਾਨਾਂ ’ਤੇ ਪਾਣੀ ਦੀਆਂ ਬੋਛਾਰਾਂ, ਅੱਥਰੂ ਗੈਸ ਦੇ ਗੋਲੇ, ਲਾਠੀਚਾਰਜ ਅਤੇ ਪਲਾਸਟਿਕ ਬੁਲਟ ਚਲਾਈਆਂ ਜਾ ਰਹੀਆਂ ਹਨ, ਇਸ ਨੂੰ ਕੇਂਦਰ ਤੇ ਹਰਿਆਣਾ ਸਰਕਾਰ ਦਾ ਖੁੱਲ੍ਹੇਆਮ ਤਾਨਾਸ਼ਾਹੀ ਰਵੱਈਆ ਹੀ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਭਾਰਤ ਦਾ ਅੰਨਦਾਤਾ ਹੈ। ਆਖ਼ਰ ਕੇਂਦਰ ਸਰਕਾਰ ਨੂੰ ਖੇਤਾਂ ਵਿਚ ਹੱਲ ਵਾਹੁਣ ਵਾਲੇ ਕਿਸਾਨਾਂ ਤੋਂ ਕੀ ਖਤਰਾ ਸੀ, ਜਿਸ ਕਰਕੇ ਉਨ੍ਹਾਂ ਨੂੰ ਰੋਕਣ ਲਈ ਸੜਕਾਂ ਵਿਚ ਮੋਟੇ ਕਿੱਲੇ ਗੱਡ ਦਿੱਤੇ ਜਾਂ ਕੰਕਰੀਟ ਦੀਆਂ ਕੰਧਾਂ ਖੜ੍ਹੀਆਂ ਕਰਨ ਦੀ ਲੋੜ ਮਹਿਸੂਸ ਹੋ ਗਈ। ਕਿਸਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਡਟ ਕੇ ਨਾਲ ਖੜ੍ਹੀ ਹੈ।

Leave a comment

Your email address will not be published. Required fields are marked *