ਛੰਨਾ ਗੁਲਾਬ ਸਿੰਘ ਵਾਲਾ ਪ੍ਰਾਇਮਰੀ ਸਕੂਲ ਦਾ ਐਲਾਨ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਦੇ ਨਾਮ ‘ਤੇ ਰੱਖਿਆ

ਬਰਨਾਲਾ (ਹਰਮਨ) ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਐਲਾਨ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ ਅਤੇ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਿਲੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ, ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਜੋ ਕਿ ਸੂਬੇ ਦੇ ਅਜਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਸਖਸੀਅਤਾਂ ਦੇ ਨਾਮ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਲਗਾਤਾਰ ਸਰਕਾਰੀ ਸਕੂਲਾਂ ਦਾ ਨਾਮ ਇਨ੍ਹਾਂ ਅਜਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ | ਇਸ ਮੌਕੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਅਤੇ ਹਲਕਾ ਭਦੌੜ ਦੇ ਸਮੂਹ ਵਾਸੀਆਂ ਦੀ ਤਰਫੋਂ ਇਸ ਸ਼ਲਾਘਾਯੋਗ ਉਪਰਾਲੇ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ |
