August 7, 2025
#Punjab

ਪੰਜਾਬ ਸਰਕਾਰ ਨੇ ਐਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਦਿੱਤਾ ਸੱਦਾ – ਵਿਧਾਇਕ ਸ਼ੈਰੀ ਕਲਸੀ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੁਨੀਆਂ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘ਐਨ.ਆਰ.ਆਈ. ਮਿਲਣੀ’ ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਸੂਬੇ ਅੰਦਰ ਨਿਵੇਸ਼ ਕਰਨ ਦਾ ਖੁੱਲਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ ਸ਼ੁਰੂਆਤ ਹੈ ਕਿਉਂਕਿ ਪਰਵਾਸੀ ਭਾਰਤੀਆਂ ਦਾ ਮਾਣ ਬਹਾਲ ਕਰਨ ਲਈ ਬਹੁਤ ਸਾਰੇ ਹੋਰ ਲੀਹੋਂ ਹਟਵੇਂ ਕਦਮ ਚੁੱਕੇ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸ. ਕੁਲਦੀਪ ਸਿੰਘ ਧਾਲੀਵਾਲ, ਐਨਆਰਆਈਜ਼ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਐਨਆਰਆਈਜ਼ ਲਈ ਵਿਸ਼ੇਸ਼ ਕਦਮ ਉਠਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ, ਸੈਰ ਸਪਾਟਾ ਉਦਯੋਗ ਦੇ ਧੁਰੇ ਵਜੋਂ ਉਭਰੇਗਾ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦਾ ਅਮੀਰ ਸੱਭਿਆਚਾਰਕ ਵਿਰਸਾ ਲੋਕਾਂ ਨੂੰ ਦਿਖਾਉਣ ਲਈ ਰਮਣੀਕ ਅਤੇ ਕੁਦਰਤੀ ਸੁੰਦਰਤਾ ਨਾਲ ਲਬਰੇਜ਼ ਚਮਕੌਰ ਪੱਤਣ, ਧਾਰ ਕਲਾਂ ਵਿਖੇ ਪਹਿਲੀ ਐਨਆਰ ਆਈ ਮਿਲਣੀ ਕਰਵਾਈ ਗਈ ਹੈ ਅਤੇ ਪਰਵਾਸੀ ਭਾਰਤੀਆਂ ਨੂੰ ਇਸ ਦੀ ਤਰੱਕੀ ਅਤੇ ਖੁਸਹਾਲੀ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਨਿਵੇਸ਼ਕਾਰ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਕੁਝ ਵੱਡੀਆਂ ਕੰਪਨੀਆਂ ਜਿਵੇਂ ਟਾਟਾ ਸਟੀਲ ਅਤੇ ਹੋਰਾਂ ਨੇ ਸੂਬੇ ਵਿੱਚ ਨਿਵੇਸ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਦੇ ਮੰਤਵ ਨਾਲ ਵਿਲੱਖਣ ਰੰਗਾਂ ਵਾਲੇ ਸਟੈਂਪ ਪੇਪਰ ਵੀ ਜਾਰੀ ਕੀਤੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਵੱਡੀ ਪੁਲਾਂਘ ਹੈ। ਪੰਜਾਬ ਅਜਿਹਾ ਪਹਿਲਾ ਸੂਬਾ ਹੈ ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਅਹਿਮ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਾ ਹੈ।

Leave a comment

Your email address will not be published. Required fields are marked *