ਪੰਜਾਬ ਸਰਕਾਰ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣਾ ਸ਼ਾਨਦਾਰ ਉਪਰਾਲਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ 44 ਸੇਵਾਵਾਂ ਦਾ ਲਾਭ ਉਨਾਂ ਦੇ ਘਰਾਂ ਤੱਕ ਪਹੁੰਚ ਕਰਕੇ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੂਬੇ ਭਰ ਅੰਦਰ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਲੋਕਾਂ ਦੀ ਖੱਜਲ ਖੁਆਰੀ ਰੋਕਣ ਅਤੇ ਲੋਕਾਂ ਨੂੰ ਮੌਕੇ ਤੇ ਸੇਵਾਵਾਂ ਦਾ ਲਾਭ ਦੇਣ ਵਿੱਚ ਇਹ ਵਿਸ਼ੇਸ ਕੈਂਪ ਕਾਮਯਾਬ ਹੋਏ ਹਨ ਅਤੇ ਲੋਕ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ। ਉਨਾਂ ਅੱਗੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਸਰਬਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਇਹ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ। ਉਨਾਂ ਕਿਹਾ ਕਿ ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਦੀ ਹਰ ਵਾਰਡ ਵਿੱਚ ਕੋਈ ਨਾ ਕੋਈ ਵਿਕਾਸ ਕਾਰਜ ਚੱਲ ਰਿਹਾ ਹੈ ਅਤੇ ਉਹ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕਰ ਰਹੇ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਹ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ।
