February 5, 2025
#National

ਪੱਕੇ ਰੁਜਗਾਰ ਦੀ ਮੰਗ ਕਰਦੇ ਠੇਕਾ ਮੁਲਾਜਮਾਂ ਤੇ ਤਸ਼ੱਦਦ ਢਾਹੁਣ ਦੇ ਖਿਲਾਫ ਪੰਜਾਬ ਸਰਕਾਰ ਦੇ ਖਿਲਾਫ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਜਲਾਲਾਬਾਦ, (ਮਨੋਜ ਕੁਮਾਰ) ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਫਾਜਿਲਕਾ ਅਤੇ ਬ੍ਰਾਂਚ ਕਮੇਟੀ ਜਲਾਲਾਬਾਦ ਵੱਲੋਂ ਇਥੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਨੂਰ ਸਮੰਦ ਦੀ ਅਗੁਵਾਈ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਇਕੱਠ ਕੀਤਾ ਗਿਆ ਅਤੇ ਇਸਦੇ ਬਾਅਦ ਜਲਾਲਾਬਾਦ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਦਫਤਰੀ ਸਟਾਫ ਦੇ ਸੂਬਾ ਪ੍ਰਚਾਰ ਸਕੱਤਰ ਸੁਖਚੈਨ ਸਿੰਘ ਸੋਢੀ, ਜਿਲ੍ਹਾ ਸਲਾਹਕਾਰ ਜਸਵਿੰਦਰ ਸਿੰਘ ਚੱਕ ਜਾਨੀਸਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਹੋਰਾਂ ਨੇਤਾਵਾਂ ਵੱਲੋਂ ਸਾਲ 2022 ਵਿਚ ਹੋਈਆ ਪੰਜਾਬ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਨਾਲ ਵਾਅਦੇ ਕੀਤੇ ਸੀ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਹਰੇਕ ਕੈਟਾਗਿਰੀ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਕਿਸੇ ਨੂੰ ਧਰਨੇ ਮੁਜਾਹਰੇ ਕਰਨ ਦੀ ਨੋਬਤ ਨਹੀਂ ਆਏਗੀ ਲੇਕਿਨ ਤ੍ਰਾਂਸ਼ਦੀ ਇਹ ਹੈ ਕਿ ਹੁਣ 2 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਵੱਖ ਵੱਖ ਸਰਕਾਰੀ ਵਿਭਾਗਾਂ ’ਚ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਪੱਕਾ ਨਹੀ ਕੀਤਾ ਗਿਆ ਹੈ। ਇਸਦੇ ਨਾਲ ਹੀ ਇਨ੍ਹਾਂ ਠੇਕਾ ਮੁਲਾਜਮਾਂ ਦੀ ਗੱਲ ਸੁਣਨ ਲਈ ਵੀ ਪੰਜਾਬ ਦੇ ਮੁੱਖ ਮੰਤਰੀ ਕੋਲ ਸਮਾਂ ਨਹੀਂ ਹੈ ਕਿਉਂਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਨੂੰ 19 ਵਾਰ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਲ ਮੀਟਿੰਗ ਕਰਨ ਦਾ ਲਿਖਤੀ ਰੂਪ ਵਿਚ ਸਮਾਂ ਦਿੱਤਾ ਗਿਆ ਪਰ ਮੁੱਖ ਮੰਤਰੀ ਪੰਜਾਬ ਵੱਲੋਂ ਇਕ ਵਾਰ ਵੀ ਮੋਰਚੇ ਨਾਲ ਮੀਟਿੰਗ ਤੱਕ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਠੇਕਾ ਕਾਮਿਆਂ ਦੇ ਪੱਕੇ ਰੁਜਗਾਰ ਦੀ ਮੰਗ ਦਾ ਹੱਲ ਨਹੀਂ ਕਰ ਰਹੀ ਹੈ ਉਥੇ ਦੂਜੇ ਪਾਸੇ ਪਬਲਿਕ ਅਦਾਰਿਆਂ ਦਾ ਪੰਚਾਇਤੀਕਰਨ/ਨਿੱਜੀਕਰਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ/ਨਿੱਜੀਕਰਨ ਕਰਨ ਵਾਲੀਆ ਲੋਕ ਅਤੇ ਵਰਕਰ ਮਾਰੂ ਨੀਤੀਆਂ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੇ ਦੌਰਾਨ ਠੇਕਾ ਮੁਲਾਜਮਾਂ ਨਾਲ ਕੀਤੇ ਵਾਅਦਿਆਂ ਬਾਰੇ ਲੋਕਾਂ ਦੀ ਕਚਹਿਰੀ ’ਚ ਸਵਾਲਾਂ ਦੇ ਜਵਾਬ ਮੰਗਣ ਦੇ ਠੇਕਾ ਮੁਲਾਜਮਾਂ ਦੇ ਅਧਿਕਾਰ ਨੂੰ ਹੁਣ ਪੁਲਸ ਜਬਰ ਦੇ ਜ਼ੋਰ ਕੁਚਲਣ ਲਈ ਤਸ਼ੱਦਦ ਕੀਤੇ ਜਾ ਰਹੇ ਹੈ ਅਤੇ ਨਾ ਸਹਿਣਯੋਗ ਠੇਕਾ ਮੁਲਾਜਮਾਂ ਦਾ ਵਿਵਾਹਰ ਕੀਤਾ ਜਾ ਰਿਹਾ ਹੈ, ਜਿਸਦੇ ਵਿਰੋਧ ਵਿਚ ਮੋਰਚੇ ਵੱਲੋਂ ਸਾਰੇ ਪੰਜਾਬ ਵਿਚ ਜਿਲ੍ਹਾ, ਤਹਿਸੀਲ ਅਤੇ ਪਿੰਡ ਪੱਧਰ ਤੇ ਪੰਜਾਬ ਸਰਕਾਰ ਦੇ ਖਿਲਾਫ ਅਰਥੀ ਫੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਠੇਕਾ ਮੁਲਾਜਮਾਂ ’ਤੇ ਤਸ਼ੱਦਦ ਢਾਹੁਣ ਦੀ ਬਜਾਏ ਮੰਗਾਂ ਦਾ ਹੱਲ ਕਰਨ ਲਈ ਗੱਲਬਾਤ ਕਰਨ ਦਾ ਰਸਤਾ ਅਪਣਾਇਆ ਜਾਵੇ ਨਹੀਂ ਤਾਂ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਵੱਲੋਂ ਮੋਰਚੇ ਦੇ ਉਲੀਕੇ ਪ੍ਰੋਗਰਾਮ ਲਾਗੂ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਵੱਖ ਵੱਖ ਵਿਭਾਗਾਂ ’ਚ ਸਾਲਾਂਬੱਧੀ ਅਰਸ਼ੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਉਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗ ’ਚ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ। ਕਿਰਤ ਕਾਨੂੰਨ ਤਹਿਤ ਵਧੇ ਹੋਏ ਰੇਟਾਂ ਮੁਤਾਬਿਕ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ। 15ਵੀਂ ਲੇਬਰ ਕਾਨਫਰੰਸ ਦੇ ਤਹਿਤ ਠੇਕਾ ਮੁਲਾਜਮਾਂ ਦੀ ਤਨਖਾਹਾਂ ਵਿਚ ਵਾਧਾ ਕੀਤਾ ਜਾਵੇ। ਪੇਂਡੂ ਜਲ ਸਪਲਾਈ ਸਕੀਮਾਂ ਤੇ ਸਕਾਡਾ ਸਿਸਟਮ ਲਗਾਉਣ ਦੇ ਫੈਸਲੇ ਨੂੰ ਰੱਦ ਕੀਤਾ ਜਾਵੇ ਅਤੇ ਸਕੀਮਾਂ ਪੰਚਾਇਤਾਂ ਨੂੰ ਹੈਡਓਵਰ ਕਰਨ ਦੀ ਬਜਾਏ ਸਰਕਾਰ ਵੱਲੋਂ ਪਹਿਲਾਂ ਵਾਂਗ ਖੁਦ ਚਲਾਉਣ ਦੀ ਜਿੰਮੇਵਾਰੀ ਨਿਭਾਈ ਜਾਵੇ ਅਤੇ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ਪ੍ਰਬੰਧ ਖੁਦ ਸਰਕਾਰ ਵਲੋਂ ਕੀਤਾ ਜਾਵੇ। ਉਪਰੋਕਤ ਮੰਗਾਂ ਨੂੰ ਲੈ ਕੇ ਠੇਕਾ ਮੋਰਚੇ ਦੇ ਫੈਸਲੇ ਤਹਿਤ ਯੂਨੀਅਨ ਵੱਲੋਂ ਸੰਘਰਸ਼ ਨੂੰ ਲਗਾਤਾਰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।

Leave a comment

Your email address will not be published. Required fields are marked *