ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਭਰਾਜ ਵਿਖੇ 23 ਲੱਖ ਦੀ ਲਾਗਤ ਨਾਲ ਬਣਨ ਵਾਲੇ ਸ਼ੈਡ ਦਾ ਨੀਂਹ ਪੱਥਰ ਰੱਖਿਆ

ਭਵਾਨੀਗੜ੍ਹ (ਵਿਜੈ ਗਰਗ) ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਚਲਾਈ ਜਾ ਰਹੀ ਵਿਕਾਸ ਕਾਰਜਾਂ ਦੀ ਮੁਹਿੰਮ ਨੂੰ ਤੇਜ਼ ਕੀਤਾ ਹੋਇਆ ਹੈ ਅਤੇ ਇਸ ਲੜੀ ਤਹਿਤ ਉਨ੍ਹਾਂ ਭਵਾਨੀਗੜ੍ਹ ਨੇੜਲੇ ਪਿੰਡ ਭਰਾਜ ਵਿਖੇ 23 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈਡ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਪਿੰਡ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਵਿਚ ਵੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਵਿੱਚ ਪੜਾਅਵਾਰ ਤਰੀਕੇ ਨਾਲ ਵਿਕਾਸ ਹੋ ਰਿਹਾ ਹੈ ਅਤੇ ਉਹ ਖੁਦ ਸਾਰੇ ਹੀ ਥਾਵਾਂ ਉੱਤੇ ਜਾ ਕੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਸਮੱਸਿਆਵਾਂ ਦੇ ਰੂਬਰੂ ਹੋ ਕੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਨ ਲਈ ਸਰਗਰਮ ਹਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਸ ਦੌਰਾਨ ਲੋਕਾਂ ਨੂੰ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਵਿਆਪਕ ਪੱਧਰ ਉਤੇ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਹਾਸਲ ਕਰਨ ਲਈ ਅਜਿਹੇ ਕੈਂਪਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।ਇਸ ਮੌਕੇ ਪੰਚਾਇਤ ਸੰਮਤੀ ਦੇ ਚੇਅਰਮੈਨ ਦਰਸ਼ਨ ਸਿੰਘ ਕਾਲਾਝਾੜ, ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ, ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਸਮੇਤ ਗ੍ਰਾਮ ਪੰਚਾਇਤ, ਪਿੰਡ ਵਾਸੀ ਅਤੇ ਪਾਰਟੀ ਆਗੂ ਵੀ ਹਾਜ਼ਰ ਸਨ।
