ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਚੱਲ ਰਹੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

ਭਵਾਨੀਗੜ੍ਹ, 15 ਫਰਵਰੀ (ਵਿਜੈ ਗਰਗ)ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵਿਧਾਨ ਸਭਾ ਹਲਕਾ ਦੇ ਵੱਖ ਵੱਖ ਇਲਾਕਿਆਂ ਦਾ ਦੌਰਾ ਕਰਦੇ ਹੋਏ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਚੱਲ ਰਹੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲਿਆ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਰੋਜ਼ਾਨਾ ਦੇ ਆਧਾਰ ’ਤੇ ਵੱਖ ਵੱਖ ਥਾਈਂ ਲੱਗ ਰਹੇ ਕੈਂਪਾਂ ਦਾ ਖੁਦ ਦੌਰਾ ਕਰ ਰਹੇ ਹਨ ਤਾਂ ਜੋ ਕੈਂਪਾਂ ਵਿੱਚ ਪਹੁੰਚਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਤਰਜੀਹੀ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕੇ ਦੇ ਨਿਵਾਸੀ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਤੋਂ ਕਾਫ਼ੀ ਖੁਸ਼ ਹਨ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਵਧ ਚੜ੍ਹ ਕੇ ਲਾਭ ਲਿਆ ਹੈ ਅਤੇ ਸਰਕਾਰੀ ਦਫ਼ਤਰਾਂ ਵਿਖੇ ਬਕਾਇਆ ਕੇਸਾਂ ਦੇ ਨਿਪਟਾਰੇ ਦੀ ਦਰ ਵਿੱਚ ਵੀ ਵੱਡਾ ਵਾਧਾ ਹੋਇਆ ਹੈ।ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ ਧੰਨਵਾਦ ਕਰਦਿਆਂ ਕਿਹਾ ਕਿ ਆਪ ਸਰਕਾਰ ਵੱਲੋਂ ਸੱਤਾ ਵਿੱਚ ਆਉਂਦੇ ਸਾਰ ਹੀ ਜ਼ਮੀਨੀ ਪੱਧਰ ’ਤੇ ਲੋਕ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਦਾ ਤਹੱਈਆ ਕਰਦੇ ਹੋਏ ਠੋਸ ਫੈਸਲਿਆਂ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੀ ਵਿਧਾਇਕ ਵਜੋਂ ਨੁਮਾਇੰਦਗੀ ਕਰਦੇ ਹੋਏ ਜਿਥੇ ਉਹ ਲੋਕਾਂ ਦੇ ਮਸਲਿਆਂ ਦੇ ਯੋਗ ਹੱਲ ਲਈ ਸਮੇਂ ਸਮੇਂ ’ਤੇ ਠੋਸ ਕਾਰਵਾਈ ਕਰਦੇ ਰਹਿੰਦੇ ਹਨ ਉਥੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਬੰਧਤ ਅਧਿਕਾਰੀਆਂ ਨਾਲ ਵੀ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਨਾਲ ਹਲਕੇ ਦੀ ਨੁਹਾਰ ਨੂੰ ਦਿਨ ਪ੍ਰਤੀ ਦਿਨ ਨਿਖਾਰਿਆ ਜਾ ਰਿਹਾ ਹੈ।ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਦੇ ਵਾਰਡ ਨੰਬਰ 6 ਅਤੇ 7, ਪੰਨਵਾਂ, ਸੰਤੋਖਪੁਰਾ, ਭੱਟੀਵਾਲ ਖੁਰਦ ਵਿਖੇ ਲੱਗੇ ਕੈਂਪਾਂ ਦਾ ਨਿਰੀਖਣ ਕੀਤਾ ਅਤੇ ਮੌਕੇ ’ਤੇ ਹੀ ਲੋਕਾਂ ਨੂੰ ਤਰਜੀਹੀ ਆਧਾਰ ’ਤੇ ਸਰਕਾਰੀ ਸੇਵਾਵਾਂ ਦੇ ਲੋੜੀਂਦੇ ਦਸਤਾਵੇਜ਼ ਸੌਂਪੇ। ਇਸ ਤੋਂ ਇਲਾਵਾ ਉਨ੍ਹਾਂ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਮੌਕੇ ’ਤੇ ਹੀ ਨਿਪਟਾਰਾ ਵੀ ਕੀਤਾ।ਇਸ ਮੌਕੇ ਉਨ੍ਹਾਂ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਤੇਜਵਿੰਦਰ ਸੰਤੋਖਪੁਰਾ, ਵਿੱਕੀ ਬਾਜਵਾ, ਤੇਜਪਾਲ ਪੰਨਵਾਂ ਵੀ ਹਾਜ਼ਰ ਸਨ।