ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਗੁਰਦਾਸਪੁਰ ਤੇ ਬਟਾਲਾ ਦੇ ਸਿਵਲ ਹਸਪਤਾਲਾਂ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 31 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ ਨੇ ਦੱਸਿਆ ਕਿ ਵਿਭਾਗ ਵੱਲੋਂ ਮਿਤੀ 5, 12, 19 ਅਤੇ 26 ਫਰਵਰੀ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਜ਼ਿਲ੍ਹਾ ਹਸਪਤਾਲ, ਬੱਬਰੀ (ਗੁਰਦਾਸਪੁਰ) ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਲੋੜਵੰਦ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ। ਇਸ ਤੋਂ ਇਲਾਵਾ ਮਿਤੀ 8, 16, 23 ਅਤੇ 29 ਫਰਵਰੀ ਨੂੰ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਇਹ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ ਨੇ ਜ਼ਿਲ੍ਹੇ ਦੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੇ ਅਜੇ ਤੱਕ ਯੂ.ਡੀ.ਆਈ.ਡੀ. ਕਾਰਡ ਨਹੀਂ ਬਣੇ ਉਹ ਉੱਪਰ ਦਿੱਤੀਆਂ ਗਈਆਂ ਮਿਤੀਆਂ ਅਨੁਸਾਰ ਆਪਣੇ ਨੇੜੇ ਦੇ ਕੈਂਪ ਵਿੱਚ ਪਹੁੰਚ ਕੇ ਆਪਣਾ ਕਾਰਡ ਬਣਵਾਉਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਆਪਣੇ ਨੇੜੇ ਦੇ ਸੀ.ਡੀ.ਪੀ.ਓ ਦਫ਼ਤਰ ਜਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ ਰਾਬਤਾ ਕੀਤਾ ਜਾ ਸਕਦਾ ਹੈ।
