ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ

ਬੁਢਲਾਡਾ 2 ਫਰਵਰੀ (ਅਮਿਤ ਜਿੰਦਲ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਸਬ ਡਵੀਜ਼ਨਲ, ਡਵੀਜ਼ਨਲ ਅਤੇ ਜ਼ਿਲਾ ਹਸਪਤਾਲਾਂ ਵਿਚ ਇਲਾਜ ਅਧੀਨ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮਿਲਣਗੀਆਂ ਅਤੇ ਟੈਸਟ ਵੀ ਹਸਪਤਾਲਾਂ ਚ ਬਿਲਕੁਲ ਮੁਫ਼ਤ ਕੀਤੇ ਜਾਣਗੇ। ਇਹ ਗੱਲ ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ ਨੇ ਅਚਨਚੇਤ ਦੌਰੇ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਸਾਡਾ ਮੁੱਖ ਟੀਚਾ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣਾ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਅਤੇ ਇਲਾਜ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਅੰਦਰੂਨੀ ਤੌਰ ਤੇ ਉਪਲਬਧ ਹੋਣਗੀਆਂ ਅਤੇ ਕੋਈ ਵੀ ਡਾਕਟਰ ਬਾਹਰੀ ਦਵਾਈਆਂ ਨਹੀਂ ਲਿਖੇਗਾ। ਇਸ ਤੋਂ ਇਲਾਵਾ ਸਾਰੇ ਹਸਪਤਾਲਾਂ ਵਿਚ ਮੁਫ਼ਤ ਐਕਸਰੇ ਅਤੇ ਅਲਟਰਾਸਾਉਂਡ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਡੀ ਸੀ ਨੇ ਸਰਕਾਰੀ ਹਸਪਤਾਲਾਂ ਵਿੱਚ ਸਫ਼ਾਈ ਰੱਖਣ ਸਬੰਧੀ ਹਦਾਇਤਾਂ ਵੀ ਦਿੱਤੀਆਂ ਅਤੇ ਸਿਵਲ ਸਰਜਨ ਮਾਨਸਾ ਨੂੰ ਸਰਕਾਰੀ ਹਸਪਤਾਲਾਂ, ਡਾਕਟਰਾਂ ਅਤੇ ਹੋਰ ਸਟਾਫ਼ ਦਾ ਰਵੱਈਆ ਵੀ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਪਰਿਵਾਰਾਂ ਪ੍ਰਤੀ ਨਰਮ ਹੋਣਾ ਚਾਹੀਦਾ ਹੈ, ਇਸ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦੇ ਮੰਤਵ ਨਾਲ ਇਹ ਅਚਨਚੇਤ ਚੈਕਿੰਗ ਕੀਤੀ ਗਈ ਹੈ ਅਤੇ ਭਵਿੱਖ ਵਿਚ ਇਹ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਸਿਵਲ ਹਸਪਤਾਲ ਦੇ ਵੱਖ ਵੱਖ ਵਾਰਡਾਂ ਅਤੇ ਜਨ ਔਸ਼ਧੀ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਇੱਥੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਪੁੱਛਿਆ, ਜਿਸ ਉਪਰੰਤ ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਦਾ ਪੂਰੀ ਤਰ੍ਹਾਂ ਨਵੀਨੀਕਰਨ ਕਰ ਦਿੱਤਾ ਗਿਆ ਹੈ। ਉਨ੍ਹਾਂ ਹਾਜ਼ਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਹਸਪਤਾਲ ਵਿਚ ਆਉਣ ਵਾਲੇ ਲੋੜਵੰਦ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਖਾਸ ਕਰ ਕੇ ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ, ਮੁੱਖ ਮੰਤਰੀ ਕੈਂਸਰ ਰਾਹਤ ਫੰਡ, ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ, ਮੁਫ਼ਤ ਜਣੇਪਾ ਸਕੀਮ ਆਦਿ ਸਕੀਮਾਂ ਬਾਰੇ ਵਧੇਰੇ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨਿਰਮਲ ਓਸੇਪਚਨ, ਸਹਾਇਕ ਸਿਵਲ ਸਰਜਨ ਡਾ. ਰਣਜੀਤ ਰਾਏ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਐਸ.ਐਮ.ਓ. ਡਾ. ਗੁਰਚੇਤਨ ਪ੍ਰਕਾਸ਼ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
