August 6, 2025
#Punjab

ਸੀ.ਜੇ.ਐਮ ਅਪਰਾਜਿਤਾ ਜੋਸ਼ੀ ਨੇ ਨਵੇਂ ਪੈਨਲ ਐਡਵੋਕੇਟਾਂ ਨਾਲ ਕੀਤੀ ਪਲੇਠੀ ਮੀਟਿੰਗ

ਹੁਸ਼ਿਆਰਪੁਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਜ਼ਿਲ੍ਹਾ ਅਦਾਲਤਾਂ ਹੁਸ਼ਿਆਰਪੁਰ ਦੇ ਨਵੇਂ ਪੈਨਲ ਐਡਵੋਕੇਟਾਂ ਨਾਲ ਪਲੇਠੀ ਮੀਟਿੰਗ ਕੀਤੀ, ਜਿਨ੍ਹਾਂ ਨੂੰ ਤਿੰਨ ਸਾਲ ਦੀ ਮਿਆਦ ਲਈ (ਜਨਵਰੀ 2024 ਤੋਂ ਜਨਵਰੀ 2027 ਤੱਕ) ਪੈਨਲ ਵਿਚ ਸ਼ਾਮਿਲ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਲਈ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਇਕ ਸਿਖਲਾਈ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੂੰ ਯੋਗ ਅਤੇ ਮਿਆਰੀ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ, ਕਾਨੂੰਨੀ ਸਾਖਰਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਫੈਲਾਉਣ ਤੋਂ ਇਲਾਵਾ ਅਦਾਲਤ ਅਧਾਰਿਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ, ਫਰੰਟ ਆਫਿਸ ਵਿਚ ਗਾਹਕਾਂ ਨੂੰ ਸਲਾਹ ਦੇਣ, ਕਾਨੂੰਨੀ ਸੇਵਾਵਾਂ ਦੇ ਕੈਂਪਾਂ ਵਿਚ ਸ਼ਾਮਲ ਹੋਣ, ਸੌਂਪੇ ਗਏ ਸਾਰੇ ਕਾਰਜਾਂ ਨੂੰ ਪੂਰਾ ਕਰਨ, ਆਪਣੇ ਗਾਹਕਾਂ ਦੇ ਹਿੱਤਾਂ ਨੂੰ ਬਰਕਰਾਰ ਰੱਖਣ ਲਈ ਨਿਡਰਤਾ ਨਾਲ ਕੰਮ ਕਰਨ ਅਤੇ ਉਨ੍ਹਾਂ ਨਾਲ ਸਮੇਂ ਸਿਰ ਸੰਚਾਰ ਕਰਨ ਆਦਿ ਦੀ ਸਿਖਲਾਈ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪੈਨਲ ਐਡਵੋਕੇਟਾਂ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਾਲੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚੋਣ ਕਮੇਟੀ ਦੁਆਰਾ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਦਾ ਕੰਮ ਸਲਾਹ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਸਲਾਹ ਪ੍ਰਦਾਨ ਕਰਨਾ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਪ੍ਰੋਗਰਾਮ ਦੌਰਾਨ ਸੀ. ਜੇ. ਐਮ ਅੱਜ ਮਨਾਏ ਗਏ ਮਹਿਲਾ ਜਿਣਸੀ ਸ਼ੋਸ਼ਣ ਖਿਲਾਫ਼ ਜ਼ੀਰੋ ਟਾਲਰੈਂਸ ਦੇ ਅੰਤਰਰਾਸ਼ਟਰੀ ਦਿਵਸ ਸਬੰਧੀ ਵੀ ਗੱਲਬਾਤ ਕੀਤੀ। ਇਸ ਮੌਕੇ ਡੀ.ਐਲ.ਐਸ.ਏ. ਹੁਸ਼ਿਆਰਪੁਰ ਦਾ ਸਮੁੱਚਾ ਸਟਾਫ਼ ਅਤੇ ਅਧਿਕਾਰੀਆਂ ਤੋਂ ਇਲਾਵਾ ਐਲ.ਏ.ਡੀ.ਸੀ. ਦੇ ਵਕੀਲ ਵੀ ਹਾਜ਼ਰ ਸਨ।

Leave a comment

Your email address will not be published. Required fields are marked *