September 27, 2025
#Punjab

12 ਫਰਵਰੀ ਨੂੰ ਕਾਹਨੂੰਵਾਨ ਤੋਂ ਰਵਾਨਾ ਹੋਵੇਗੀ ਤੀਰਥ ਯਾਤਰਾ ਲਈ ਵਿਸ਼ੇਸ਼ ਬੱਸ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ 12 ਫਰਵਰੀ ਤੋਂ ਕਾਹਨੂੰਵਾਨ ਤੋਂ ਧਾਰਮਿਕ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੇ ਨਗਰ ਕਾਹਨੂੰਵਾਨ ਤੋਂ ਇਹ ਯਾਤਰੂ ਬੱਸ ਸਵੇਰੇ 9:00 ਵਜੇ ਰਵਾਨਾ ਹੋਵੇਗੀ ਅਤੇ ਇਸ ਬੱਸ ਵਿੱਚ ਕੁੱਲ 43 ਯਾਤਰੂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਨੂੰ ਜਾਣਗੇ। ਉਨ੍ਹਾਂ ਕਿਹਾ ਕਿ 12 ਫਰਵਰੀ ਨੂੰ ਦੁਪਹਿਰ ਵੇਲੇ ਇਹ ਬੱਸ ਯਾਤਰਾ ਤਲਵੰਡੀ ਸਾਬੋ ਵਿਖੇ ਪਹੁੰਚੇਗੀ ਜਿਥੇ ਸੰਗਤਾਂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਰਾਤ ਦਾ ਠਹਿਰਾਅ ਤਲਵੰਡੀ ਸਾਬੋ ਵਿਖੇ ਹੀ ਹੋਵੇਗਾ ਅਤੇ ਅਗਲੇ ਦਿਨ ਯਤਰਾ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਦੇ ਦਰਸ਼ਨਾਂ ਲਈ ਰਵਾਨਾ ਹੋਵੇਗੀ ਜਿਥੋਂ ਦਰਸ਼ਨ ਕਰਕੇ ਸੰਗਤਾਂ ਸ਼ਾਮ ਨੂੰ ਵਾਪਸ ਕਾਹਨੂੰਵਾਨ ਪਹੁੰਚ ਜਾਣਗੀਆਂ।ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਹਲਕੇ ਵਿੱਚੋਂ ਵਿਸ਼ੇਸ਼ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਅਗਾਂਹਵਧੂ ਉਪਰਾਲਾ ਹੈ ਜਿਸ ਨੂੰ ਸੂਬੇ ਭਰ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਉਨਾਂ ਲਈ ਇਹ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ।

Leave a comment

Your email address will not be published. Required fields are marked *