ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ


ਗੁਰਦਾਸਪੁਰ, 11 ਜਨਵਰੀ ( ਪੱਤਰਕਾਰ ਲਵਪ੍ਰੀਤ ਸਿੰਘ ਖੁਸ਼ੀ ਪੁਰ ) – ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਰੋਹ ਕਰਵਾਇਆ ਗਿਆ ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਧੀਆਂ ਨੂੰ ਖੂਬਸੂਰਤ ਤੋਹਫ਼ਾ ਦਿੰਦਿਆਂ ਗੁਰਦਾਸਪੁਰ ਵਿਖੇ ਸਥਾਪਤ ਕੀਤੇ ਗਏ ਨਾਰੀ ਸ਼ਕਤੀਕਰਨ ਕੇਂਦਰ ਦਾ ਉਦਘਾਟਨ ਕੀਤਾ ਗਿਆ ਅਤੇ ਨਾਲ ਹੀ ਇੱਥੇ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਅਤੇ ਸੋਫ਼ਟ ਸਕਿੱਲ ਦੇ ਕੋਰਸਾਂ ਦੀ ਸ਼ੁਰੂਆਤ ਵੀ ਕੀਤੀ ਗਈ।
ਧੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਧੀਆਂ ਨੇ ਆਪਣੀ ਕਾਬਲੀਅਤ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਧੀਆਂ ਨੂੰ ਅੱਗੇ ਵੱਧਣ ਦੇ ਮੌਕੇ ਦਿੱਤੇ ਜਾਣ ਤਾਂ ਉਹ ਵੱਡੀ ਤੋਂ ਵੱਡੀ ਮੰਜ਼ਿਲ ਵੀ ਸਰ ਕਰ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਲੜਕੀਆਂ ਨੇ ਹਰ ਖੇਤਰ ਵਿੱਚ ਬੁਲੰਦੀਆਂ ਨੂੰ ਹਾਸਲ ਕੀਤਾ ਹੈ ਜੋ ਹੋਰਾਂ ਲਈ ਵੀ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨਾਰੀ ਸਸ਼ਕਤੀਕਰਨ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਉਣ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਦ ਪਏ ਲੇਡੀਜ਼ ਕਲੱਬ ਦੀ ਮੁਰੰਮਤ ਕਰਕੇ ਇਸਨੂੰ ਨਵੀਂ ਦਿੱਖ ਦਿੱਤੀ ਗਈ ਹੈ ਅਤੇ ਇਸਨੂੰ ਹੁਣ ਨਾਰੀ ਸ਼ਕਤੀਕਰਨ ਕੇਂਦਰ ਦਾ ਨਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਰੀ ਸ਼ਕਤੀਕਰਨ ਕੇਂਦਰ ਵਿੱਚ ਲੜਕੀਆਂ ਨੂੰ ਮੁਫ਼ਤ ਡਰਾਇਵਿੰਗ ਦੀ ਸਿਖ਼ਲਾਈ ਦੇ ਨਾਲ ਉਨ੍ਹਾਂ ਨੂੰ ਸਾੱਫ਼ਟ ਸਕਿੱਲ ਦੀ ਸਿਖ਼ਲਾਈ ਵੀ ਦਿੱਤੀ ਜਾਵੇਗੀ, ਜਿਸਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨਾਰੀ ਸ਼ਕਤੀ ਕੇਂਦਰ ਔਰਤਾਂ ਦੇ ਸਸ਼ਕਤੀਕਰਨ ਵਿੱਚ ਆਪਣਾ ਅਹਿਮ ਰੋਲ ਅਦਾ ਕਰੇਗਾ।