ਕਿਸਾਨ ਤੇ ਪੰਥਕ ਜਥੇਬੰਦੀਆਂ ਵੱਲੋਂ ਚੱਕ ਬਾਹਮਣੀਆਂ ਟੋਲ ਪਲਾਜ਼ਾ ਨੂੰ ਟੋਲ ਮੁਕਤ ਕੀਤਾ

ਸ਼ਾਹਕੋਟ /ਮਲਸੀਆ (ਬਿੰਦਰ ਕੁਮਾਰ)ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਟੋਲ ਪਲਾਜ਼ਿਆਂ ‘ਤੇ ਧਰਨਾ ਦੇ ਕੇ ਤਿੰਨ ਘੰਟੇ ਲਈ ਟੋਲ ਮੁਕਤ ਕਰਨ ਦੇ ਦਿੱਤੇ ਸੱਦੇ ਤਹਿਤ ਇਲਾਕੇ ਦੀਆਂ ਕਿਸਾਨ ਤੇ ਪੰਥਕ ਜਥੇਬੰਦੀਆਂ ਵੱਲੋਂ ਚੱਕ ਬਾਹਮਣੀਆਂ ਟੋਲ ਪਲਾਜ਼ਾ ਨੂੰ ਟੋਲ ਮੁਕਤ ਕੀਤਾ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਤੇਰਾ-ਤੇਰਾ ਵੈੱਲਫੇਅਰ ਕਲੱਬ ਤੇ ਹੋਰ ਜਥੇਬੰਦੀਆਂ ਨੇ ਸਾਂਝੇ ਤੌਰ ‘ਤੇ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਜਥੇ. ਸੁਲੱਖਣ ਸਿੰਘ ਸ਼ਾਹਕੋਟ, ਕੁਲਜੀਤ ਸਿੰਘ ਹੁੰਦਲ, ਰਾਜਿੰਦਰ ਸਿੰਘ ਨੰਗਲ ਅੰਬੀਆਂ, ਗੁਰਦੇਵ ਸਿੰਘ ਕੰਨੀਆਂ ਤੇ ਹੋਰ ਆਗੂਆਂ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਸਰਕਾਰ ਵੱਲੋਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜਦਕਿ ਅਦਾਲਤ ਵੱਲੋਂ ਬਲਾਤਕਾਰ ਦੇ ਦੋਸ਼ੀ ਠਹਿਰਾਏ ਕਾਤਲ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਸਿੱਖ ਕੌਮ ਨੂੰ ਚਿੜਾਇਆ ਜਾਂਦਾ ਹੈ। ਸਰਕਾਰ ਦੋਹਰਾ ਕਾਨੂੰਨ ਅਪਨਾ ਕੇ ਦੇਸ਼ ਵਿਚ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ। ਇਸ ਮੁੱਦੇ ‘ਤੇ ਪੰਜਾਬ ਦੇ ਤਿੰਨ ਮੁੱਖ ਮੰਤਰੀ ਬਦਲ ਗਏ ਤੇ ਹੁਣ ਚੌਥਾ ਮੁੱਖ ਮੰਤਰੀ ਰਾਜ ਕਰ ਰਿਹਾ ਹੈ। ਪਰ ਕਿਸੇ ਵੀ ਸਰਕਾਰ ਨੇ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਬੇਅਦਬੀ ਦੇ ਦੋਸ਼ੀਆਂ ਲਈ ਸਖਤ ਕਾਨੂੰਨ ਬਣਾਇਆ ਜਾਵੇ ਤਾਂ ਜੋ ਕੋਈ ਵੀ ਅੱਗੇ ਤੋਂ ਬੇਅਦਬੀ ਕਰਨ ਬਾਰੇ ਨਾ ਸੋਚੇ। ਪ੍ਰੋਗਰਾਮ ਨੂੰ ਸਫਲ ਕਰਨ ‘ਤੇ ਕੌਮੀ ਇਨਸਾਫ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਧਨੋਆ ਸਰਪੰਚ, ਸੁਖਦੇਵ ਸਿੰਘ ਸੁੱਖਾ, ਸੁਖਵਿੰਦਰ ਸਿੰਘ ਧਨੋਆ, ਜਸਵੰਤ ਸਿੰਘ ਜੱਸਾ ਢੰਡੋਵਾਲ, ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
