September 28, 2025
#Punjab

ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਵੱਲੋਂ ਐੱਮ.ਸੀ.ਐੱਮ.ਸੀ. ਸੈੱਲ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਤਾਇਨਾਤ ਕੀਤੇ ਖਰਚਾ ਨਿਗਰਾਨ ਸ੍ਰੀ ਹਰਸ਼ਦ ਵੇਂਗੁਲੇਰਕਰ ਵੱਲੋਂ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐੱਮ.ਸੀ.ਐੱਮ.ਸੀ. ਸੈੱਲ ਵੱਲੋਂ ਪ੍ਰਿੰਟ, ਇਲੈਕਟ੍ਰੋਨਿਕ, ਸੋਸ਼ਲ ਮੀਡੀਆ ਵਿੱਚ ਸਿਆਸੀ ਇਸ਼ਤਿਹਾਰਬਾਜ਼ੀ, ਪ੍ਰੀ-ਸਰਟੀਫਿਕੇਸ਼ਨ ਦੀ ਜਾਣਕਾਰੀ ਲੈਣ ਤੋਂ ਇਲਾਵਾ ਪੇਡ ਨਿਊਜ਼ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ, ਗੁਰਦਾਸਪੁਰ ਦੀ ਕਾਰਗੁਜ਼ਾਰੀ ਉੱਪਰ ਆਪਣੀ ਤਸੱਲੀ ਜ਼ਾਹਰ ਕੀਤੀ।ਖਰਚਾ ਨਿਗਰਾਨ ਸ੍ਰੀ ਹਰਸ਼ਦ ਵੇਂਗੁਲੇਰਕਰ ਨੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ‘ਤੇ ਬਣੀ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਪ੍ਰਿੰਟ, ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਮ.ਸੀ.ਐੱਮ.ਸੀ. ਸੈੱਲ ਵੱਲੋਂ ਚੋਣਾਂ ਨਾਲ ਸਬੰਧਿਤ ਸਾਰੀਆਂ ਖ਼ਬਰਾਂ ਨੂੰ ਬਰੀਕੀ ਨਾਲ ਵਾਚਿਆ ਜਾ ਰਿਹਾ ਹੈ ਤਾਂ ਜੋ ਪੇਡ ਨਿਊਜ਼ ਨੂੰ ਰੋਕਿਆ ਜਾ ਸਕੇ।ਖਰਚਾ ਨਿਗਰਾਨ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਪ੍ਰਚਾਰ ਦੌਰਾਨ ਬਲਕ ਐੱਸ.ਐੱਮ.ਐੱਸ ਤੇ ਵਾਈਸ ਮੈਸੇਜ, ਇਲੈਕਟ੍ਰੋਨਿਕ ਮੀਡੀਆ ਟੀ.ਵੀ. ਤੇ ਕੇਬਲ ਚੈਨਲ, ਜਨਤਕ ਥਾਵਾਂ ‘ਤੇ ਆਡੀਓ-ਵੀਜ਼ੂਅਲ ਰਾਜਨੀਤਿਕ ਮੁਹਿੰਮ, ਇੰਟਰਨੈੱਟ ਅਤੇ ਸੋਸ਼ਲ ਮੀਡੀਆ, ਰੇਡੀਓ, ਈ-ਪੇਪਰ, ਸਿਨੇਮਾ ਹਾਲ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ। ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ।ਉਨ੍ਹਾਂ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਇਲੈਕਟ੍ਰੋਨਿਕ ਮੀਡੀਆ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ, ਈ-ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਐੱਮ.ਸੀ.ਐੱਮ.ਸੀ. ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਨਾ ਲਗਾਇਆ ਜਾਵੇ।ਇਸ ਮੌਕੇ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ ਦੇ ਮੈਂਬਰ ਸਕੱਤਰ ਡੀ.ਪੀ.ਆਰ.ਓ. ਇੰਦਰਜੀਤ ਸਿੰਘ ਤੋਂ ਇਲਾਵਾ ਐੱਮ.ਸੀ.ਐੱਮ.ਸੀ. ਟੀਮ ਦੇ ਮੈਂਬਰ ਵੀ ਹਾਜ਼ਰ ਸਨ।

Leave a comment

Your email address will not be published. Required fields are marked *