ਚੋਣਾਂ ਨਿਰਪੱਖ ਅਤੇ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ-ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਪੁਲਿਸ ਵਿਭਾਗ ਅਤੇ ਕੇਂਦਰੀ ਸੁਰੱਖਿਆ ਬਲਾਂ ਦੀ ਟੁਕੜੀਆਂ ਨਾਲ ਬਟਾਲਾ ਸ਼ਹਿਰ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀਐਸਪੀ (ਐੱਚ) ਆਜਾਦ ਦਵਿੰਦਰ ਸਿੰਘ, ਤਹਿਸੀਲਦਾਰ ਜਗਤਾਰ ਸਿੰਘ, ਨਾਇਬ ਤਹਿਸੀਲਦਾਰ ਮਨਜੋਤ ਸਿੰਘ ਸਚਦੇਵਾ ਅਤੇ ਸੰਜੀਵ ਪਠਾਣੀਆ, ਐਸਐਚਓ ਖੁਸ਼ਬੋ ਸ਼ਰਮਾ ਅਤੇ ਕੇਂਦਰੀ ਸੁਰੱਖਿਆ ਬਲ ਦੇ ਅਧਿਕਾਰੀ ਆਦਿ ਮੋਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਡੀਐਮ ਬਟਾਲਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਨੂੰ ਰੱਖਦਿਆਂ ਅੱਜ ਸ਼ਾਮ ਨੂੰ ਫਲੈਗ ਮਾਰਚ ਕੱਢਿਆ ਗਿਆ ਹੈ। ਐਸਡੀਐਮ ਨੇ ਅੱਗੇ ਕਿਹਾ ਕਿ ਫਲੈਗ ਮਾਰਚ ਕੱਢਣ ਦਾ ਮੁੱਖ ਮੰਤਵ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਸਬੰਧੀ ਜਿਲਾ ਪਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਲੋਕ ਸਭਾ ਚੋਣਾਂ ਸ਼ਾਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਵਾਈਆਂ ਜਾਣਗੀਆਂ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਕਰਨ। ਇਸ ਮੌਕੇ ਗੱਲ ਕਰਦਿਆਂ ਆਜਾਦ ਦਵਿੰਦਰ ਸਿੰਘ,ਡੀਐਸਪੀ (ਐੱਚ) ਬਟਾਲਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਸਬੰਧੀ ਐਸ ਐਸ ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੀ ਅਗਵਾਈ ਹੇਠ ਪੁਲਿਸ ਵਿਭਾਗ ਵਲੋਂ ਸੁਰੱਖਿਆ ਦੇ ਪਰਬੰਧ ਕੀਤੇ ਗਏ ਹਨ ਅਤੇ ਚੋਣਾਂ ਸੁਰੱਖਿਆ ਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਨਾਲ ਚਾਰ ਕੰਪਨੀਆਂ, ਕੇਂਦਰੀ ਸੁਰੱਖਿਆ ਬਲ ਦੀਆਂ ਵੀ ਪਹੁੰਚੀਆਂ ਹਨ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
